Arvind Kejriwal Bail: ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਸ਼ੁੱਕਰਵਾਰ (21 ਜੂਨ) ਨੂੰ ਜ਼ਮਾਨਤ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ ਅਤੇ ਮੁੱਖ ਮੰਤਰੀ ਜੇਲ੍ਹ ਤੋਂ ਬਾਹਰ ਆ ਜਾਣਗੇ। ਰਾਉਸ ਐਵੇਨਿਊ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਵੀਰਵਾਰ (20 ਜੂਨ) ਨੂੰ ਅਦਾਲਤ ਨੇ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਵੀਰਵਾਰ ਰਾਤ 8 ਵਜੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਇਆ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸਵਾਲ ਇਹ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਕਦੋਂ ਬਾਹਰ ਆਉਣਗੇ?
ਕੀ ਹੈ ਜ਼ਮਾਨਤ ਪ੍ਰਕਿਰਿਆ?
ਦਰਅਸਲ, ਜ਼ਮਾਨਤ ਦੇਣ ਦਾ ਲਿਖਤੀ ਹੁਕਮ ਅੱਜ ਯਾਨੀ ਸ਼ੁੱਕਰਵਾਰ ਨੂੰ ਵੈਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ ਅਤੇ ਅੱਜ ਹੀ ਡਿਊਟੀ ਜੱਜ ਦੇ ਸਾਹਮਣੇ ਜ਼ਮਾਨਤ ਬਾਂਡ ਭਰਿਆ ਜਾਵੇਗਾ। ਉਸ ਤੋਂ ਬਾਅਦ ਹੇਠਲੀ ਅਦਾਲਤ ਦਾ ਹੁਕਮ ਤਿਹਾੜ ਜੇਲ੍ਹ ਜਾਵੇਗਾ। ਉਥੋਂ ਕੇਜਰੀਵਾਲ ਦੀ ਰਿਹਾਈ ਯਕੀਨੀ ਬਣਾਈ ਜਾਵੇਗੀ। ਇਸ ਪੂਰੀ ਪ੍ਰਕਿਰਿਆ ਵਿਚ ਤਿੰਨ ਤੋਂ ਚਾਰ ਘੰਟੇ ਲੱਗ ਸਕਦੇ ਹਨ।
ਈਡੀ ਖੜਕਾਏਗੀ ਹਾਈਕੋਰਟ ਦਾ ਦਰਵਾਜਾ
ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਈਡੀ ਇਸ ਹੁਕਮ ਨੂੰ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ‘ਚ ਚੁਣੌਤੀ ਦੇਵੇਗੀ। ਜ਼ਮਾਨਤ ਰੱਦ ਕਰਨ ਲਈ ਅਰਜ਼ੀ ਦਾਇਰ ਕਰਨ ਦੇ ਨਾਲ-ਨਾਲ ਛੇਤੀ ਸੁਣਵਾਈ ਦੀ ਮੰਗ ਕਰੇਗੀ।